ਜਲੰਧਰ, 21 ਅਪਰੈਲ : ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਗੈਂਗਸਟਰ ਸ਼ਹਿਰ ਵਿੱਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਜਾਲ ਵਿਛਾ ਕੇ ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਦੇ ਨੇੜਿਓਂ ਲਲਿਤ ਉਰਫ਼ ਲੱਕੀ ਪੁੱਤਰ ਬਿੰਦਰ ਵਾਸੀ ਗੜ੍ਹਾ ਨੂੰ ਇਕ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਲਿਆ।ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਉਸ ਵਿਰੁੱਧ ਥਾਣਾ ਡਿਵੀਜ਼ਨ ਨੰਬਰ 7 ਵਿਖੇ ਐਫਆਈਆਰ ਨੰਬਰ 42 ਮਿਤੀ 17/04/2024 ਅਧੀਨ 25-54-59 ਅਸਲਾ ਐਕਟ ਤਹਿਤ ਦਰਜ ਕੀਤੀ ਹੈ ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਲਲਿਤ ਨੇ ਖੁਲਾਸਾ ਕੀਤਾ ਕਿ ਉਸਦੇ ਦੋਸਤਾਂ ਨੇ ਨਿਖਿਲ ਉਰਫ ਭੋਲੂ ਅਤੇ ਪਾਰਸਦੀਪ ਦੇ ਨਾਲ 14/03/2024 ਨੂੰ ਅੰਮ੍ਰਿਤਸਰ ਵਿਖੇ ਰਾਜਦੀਪ ਸੇਠੀ ਉਰਫ ਵੀਨੂੰ ਦਾ ਕਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਅੰਮ੍ਰਿਤਸਰ ਪੁਲੀਸ ਨੇ ਸਾਹਿਲਪ੍ਰੀਤ ਉਰਫ਼ ਸੋਹੀ, ਅਭੀ ਗਿੱਲ ਅਤੇ ਸੰਜੂ ਰੰਧਾਵਾ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਪਰ ਨਿਖਿਲ ਅਤੇ ਪਾਰਸਦੀਪ ਫਰਾਰ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਨਿਖਿਲ ਉਰਫ ਭੋਲੂ ਅਤੇ ਪਾਰਸਦੀਪ ਸਿੰਘ ਨੂੰ ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਦੋ ਗੈਰ-ਕਾਨੂੰਨੀ ਦੇਸੀ ਹਥਿਆਰ ਬਰਾਮਦ ਕੀਤੇ ਗਏ ਹਨ, ਉਨ੍ਹਾਂ ਕਿਹਾ ਕਿ ਨਿਖਿਲ ਅਤੇ ਪਰਸਦੀਪ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਵਿੱਚ ਸਰਗਰਮੀ ਨਾਲ ਕੰਮ ਕਰਦੇ ਸਨ। ਉਨ੍ਹਾਂ ਕਿਹਾ ਕਿ ਨਿਖਿਲ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਨੌਂ ਕੇਸ ਪੈਂਡਿੰਗ ਹਨ, ਜਦਕਿ ਪਰਸਦੀਪ ਸਿੰਘ ਖ਼ਿਲਾਫ਼ ਸੱਤ ਕੇਸ ਪੈਂਡਿੰਗ ਹਨ, ਜਿੱਥੇ ਲਲਿਤ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਹਥਿਆਰ ਖਰੀਦੇ ਹਨ ਅਤੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।