

ਹੁਸ਼ਿਆਰਪੁਰ (ਵਿਸ਼ਨੂੰ) ਹੁਸ਼ਿਆਰਪੁਰ ਦੇ ਅਧੀਨ ਪੈਂਦੇ ਪਿੰਡ ਅਖਲਾਸਪੁਰ ਵਿੱਚ ਕੱਟੀ ਗਈ ਇੱਕ ਨਜਾਇਜ਼ ਕਲੋਨੀ ‘ਤੇ ਪੁੱਡਾ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁੱਡਾ ਨੇ ਸਬ ਰਜਿਸਟਰਾਰ ਹੁਸ਼ਿਆਰਪੁਰ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਸ ਕਲੋਨੀ ਦੀ ਰਜਿਸਟਰੀ ਤੁਰੰਤ ਬੰਦ ਕੀਤੀ ਜਾਵੇ। ਇਸ ਦੇ ਨਾਲ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਇਸ ਕਲੋਨੀ ਵਿੱਚ ਕਿਸੇ ਵੀ ਤਰ੍ਹਾਂ ਦਾ ਬਿਜਲੀ ਕਨੈਕਸ਼ਨ ਨਾ ਦਿੱਤਾ ਜਾਵੇ।

ਇਸੇ ਤਰ੍ਹਾਂ ਹੁਣ ਮਿਊਂਸਿਪਲ ਅਥਾਰਟੀ ਅਤੇ ਸੰਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਕਲੋਨੀ ਦੇ ਮਾਲਕ ਖ਼ਿਲਾਫ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇੱਥੇ ਹੋ ਰਹੀ ਨਜਾਇਜ਼ ਉਸਾਰੀ ਨੂੰ ਰੋਕਿਆ ਜਾਵੇ। ਇਸੇ ਤਰ੍ਹਾਂ ਪੁਲਿਸ ਨੂੰ ਦਰਦੇਸ਼ ਦਿੱਤੇ ਗਏ ਹਨ ਕਿ ਮਾਲਕ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਉਸਾਰੀ ਨੂੰ ਰੁਕਵਾਇਆ ਜਾਵੇ।

ਇਹ ਦੱਸਣਯੋਗ ਹੈ ਕਿ ਜਲੰਧਰ ਦੇ ਇੱਕ ਆਰਟੀਆਈ ਐਕਟਿਵਿਸਟ ਵੱਲੋਂ ਇਸ ਨਜਾਇਜ਼ ਕਲੋਨੀ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸ ‘ਤੇ ਪੁੱਡਾ ਨੇ ਕਾਰਵਾਈ ਕਰਦੇ ਹੋਏ ਮਾਲਕ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।

ਜਾਣਕਾਰੀ ਅਨੁਸਾਰ, ਇਸ ਕਲੋਨੀ ਦੇ ਮਾਲਕ ਨੇ ਲੋਕਾਂ ਨੂੰ ਗੁੰਮਰਾਹ ਕਰਦੇ ਹੋਏ ਇਹ ਕਿਹਾ ਸੀ ਕਿ ਕਲੋਨੀ ਪੁੱਡਾ ਤੋਂ ਪਾਸ ਹੈ ਅਤੇ ਇੱਥੇ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਕਰਵਾਈ ਜਾਵੇਗੀ। ਲੋਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਪਰ ਹੁਣ ਪੁੱਡਾ ਦੀ ਸਖ਼ਤ ਕਾਰਵਾਈ ਨਾਲ ਇਸ ਨਜਾਇਜ਼ ਕਲੋਨੀ ਦੇ ਭਵਿੱਖ ‘ਤੇ ਵੱਡਾ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ।

